ਰਾਮ ਰਹੀਮ ਦੀ ਪੈਰੋਲ ਹੋਈ ਮਨਜ਼ੂਰ ਮੁੜ ਜੇਲ੍ਹ ‘ਚੋਂ 40 ਦਿਨਾਂ ਲਈ ਬਾਹਰ ਆਉਣਗੇ ਰਾਮ ਰਹੀਮ ਸ਼ਾਹ ਸਤਨਾਮ ਦਾ ਜਨਮ ਦਿਨ ਮਨਾਉਣ ਵਾਸਤੇ ਮੰਗੀ ਸੀ ਪੈਰੋਲ

ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh news) ਨੂੰ 56 ਦਿਨਾਂ ਬਾਅਦ ਮੁੜ 40 ਦਿਨਾਂ ਲਈ ਪੈਰੋਲ ਮਿਲ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਦੌਰਾਨ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਪਿਛਲੇ ਸਾਲ ਅਕਤੂਬਰ ਦੇ ਮਹੀਨੇ ਵਿੱਚ, ਉਸਨੂੰ ਸੂਬਾ ਪੱਧਰੀ ਪੰਚਾਇਤ ਚੋਣਾਂ ਅਤੇ ਹਰਿਆਣਾ ਵਿੱਚ ਆਦਮਪੁਰ ਵਿਧਾਨ ਸਭਾ ਦੀਆਂ ਉਪ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਹੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ 2022 ਵਿੱਚ ਰਾਮ ਰਹੀਮਨੂੰ ਤਿੰਨ ਵਾਰ 40 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਦੌਰਾਨ ਰਾਮ ਰਹੀਮ ਨੂੰ ਪੈਰੋਲ (Ram Rahim Parole News) ਦਿੱਤੇ ਜਾਣ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਇੱਕ ਟਵੀਟ ‘ਚ ਲਿਖਿਆ ਕਿ, ‘ਬਲਾਤਕਾਰ ਅਤੇ ਕਾਤਲ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ… ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਗਈਆਂ ਹਨ। ਦੇਸ਼ ਵਾਸੀ ਆਪਣੀਆਂ ਧੀਆਂ ਨੂੰ ਬਚਾ ਲੈਣ, ਬਲਾਤਕਾਰੀ ਆਜ਼ਾਦ ਘੁੰਮਣਗੇ।’

ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਡੇਰਾ ਮੁਖੀ ਆਪਣੀ ਬੀਮਾਰ ਮਾਂ ਨੂੰ ਮਿਲਣ ਦੀ ਬੇਨਤੀ ਸਣੇ ਵੱਖ-ਵੱਖ ਕਾਰਨਾਂ ਕਰਕੇ ਤੀਜੀ ਵਾਰ ਜੇਲ੍ਹ ਤੋਂ ਰਿਹਾਅ ਹੋਇਆ ਸੀ। ਉਦੋਂ ਉਹ ਰਾਜਸਥਾਨ ਦੇ ਡੇਰੇ ਵਿੱਚ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ 20 ਫਰਵਰੀ ਨੂੰ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।

See also  ਗੈਂਗਸਟਰ ਰਾਣਾ ਕੰਦੋਵਾਲੀਆ ਦਾ ਭਰਾ ਜਸਕੀਰਤ ਅਗਵਾਹ, ਹਾਲਾਤ ਵਿਗੜਨ ਦੇ ਆਸਾਰ


ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਲ 2017 ਵਿੱਚ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਮੇਂ-ਸਮੇਂ ‘ਤੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਂਦਾ ਰਿਹਾ ਹੈ।

Post by Tarandeep singh