ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਲੀਡਰਾਂ ਨੇ ‘ਆਪ’ ਪਾਰਟੀ ਨੂੰ ਲਿਆ ਗੋਡੀਆਂ ਹੇਠ

ਚੰਡੀਗੜ੍ਹ: ਅੱਜ ਤੜਕੇ ਸਵੇਰੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ ਹੈ। ਜਲਾਲਾਬਾਦ ਪੁਲਿਸ ਨੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਸੈਕਟਰ-5 ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਦਰਅਸਲ ਜਲਾਲਾਬਾਦ ਪੁਲਿਸ ਨੇ ਸਾਲ 2015 ਦੇ ਪੁਰਾਣੇ NDPS ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਲੀਡਰਾਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਵੱਲੋਂ ਮੌਜੂਦਾ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ਼ੋਸ਼ਲ ਮੀਡੀਆ ਐਕਸ ਤੇ ਲਿਖਿਆ ਕਿ “ਪੰਜਾਬ ਕਾਂਗਰਸ ਦੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਜੀ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ ਹੈ, ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਇੱਕ ਚਾਲ ਹੈ। ਅਸੀਂ ਸੁਖਪਾਲ ਖਹਿਰਾ ਜੀ ਨਾਲ ਮਜ਼ਬੂਤੀ ਨਾਲ ਖੜੇ ਹਾਂ ਅਤੇ ਇਸ ਲੜਾਈ ਨੂੰ ਇਸ ਦੇ ਅੰਜਾਮ ਤੱਕ ਜ਼ਰੂਰ ਲੈ ਕੇ ਜਾਵਾਂਗੇ।”


ਉਥੇ ਹੀ ਦੂਜੇ ਪਾਸੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ “ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਬਹੁਤ ਹੀ ਨਿੰਦਣਯੋਗ ਹੈ। “ਆਪ” ਸਰਕਾਰ ਨੇ ਹੁਣ ਸਭ ਤੋਂ ਹੇਠਲੇ ਪੱਧਰ ‘ਤੇ ਝੁਕ ਕੇ ਬਦਲਾਖ਼ੋਰੀ ਦੀ ਰਾਜਨੀਤੀ ਦਾ ਸਹਾਰਾ ਲਿਆ ਹੈ। ਸੁਖਪਾਲ ਸਿੰਘ ਖਹਿਰਾ ਹਮੇਸ਼ਾ ਸਪੱਸ਼ਟ ਤੌਰ ‘ਤੇ ਬੋਲਿਆ ਹੈ ਅਤੇ ਉਨ੍ਹਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਕੀਤੇ ਗਲਤ ਕੰਮਾਂ ਅਤੇ ਬੇਨਿਯਮੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਕਾਂਗਰਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਉਸ ਨੂੰ ਰਿਹਾਅ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।”

See also  ਬੱਸ ਡਰਾਈਵਰ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ