ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨਾਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਿਤ ਕੀਤਾ ਗਿਆ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ’ਤੇ ਲਿਖਿਆ ਇੱਕ ਮੈਮੋਰੰਡਮ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਿਲ ਹੋਏ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ।
ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਇਕ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ ਹੈ। ਇਸ ਪੱਤਰ ਰਾਹੀਂ ਯਾਦ ਕਰਵਾਇਆ ਗਿਆ ਕਿ ਪੰਜਾਬ ਨੇ ਹਮੇਸ਼ਾ ਹੀ ਭਾਰਤ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਅਤੇ ਹੱਦਾਂ ਸਰਹੱਦਾਂ ਦੀ ਰਾਖੀ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਸਰੋਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੱਕ ਸੱਚ ਅਤੇ ਮਨੁੱਖਤਾ ਦੀ ਭਲਾਈ ਵਾਲੀ ਸੋਚ ’ਤੇ ਅਧਾਰਿਤ ਹਨ। ਸਾਰੇ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜੁਆਨਾਂ ’ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਦੇਸ਼ ਲਈ ਕੁਰਬਾਨੀਆਂ ਦਿੰਦੇ ਰਹੇ ਹਨ ਅਤੇ ਅਜ਼ਾਦੀ ਦੀ ਘੋਲ ਦੌਰਾਨ ਇਹ ਕੁਰਬਾਨੀਆਂ 80 ਫੀਸਦੀ ਤੋਂ ਵੱਧ ਸਨ। ਪਰ ਦੇਸ਼ ਦੀ ਅਜ਼ਾਦੀ ਮਗਰੋਂ ਸਿੱਖਾਂ ਦੇ ਮਸਲਿਆਂ ਪ੍ਰਤੀ ਸਰਕਾਰਾਂ ਨੇ ਹਮੇਸ਼ਾ ਹੀ ਉਦਾਸੀਨਤਾ ਵਾਲੀ ਨੀਤੀ ਅਪਣਾਈ ਰੱਖੀ, ਜਿਸ ਕਰਕੇ ਸਿੱਖ ਕੌਮ ਅੰਦਰ ਰੋਸ ਰਹਿੰਦਾ ਹੈ।
post by parmvir singh