ਅੰਮ੍ਰਿਤਸਰ, 11 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸੰਗਤ ਵਿਚ ਪ੍ਰਚਾਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਗੁਰਪੁਰਬ ਸਮਾਗਮਾਂ ਸਬੰਧੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਦੇ ਹਨ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਕਰਤ ਕਰਨ ਦੀ ਅਪੀਲ ਵੀ ਕੀਤੀ। ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਜੰਡ ਸਾਹਿਬ, ਧੌਲਰਾਂ, ਪੁਵਾਤ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਕਟਾਣਾ ਸਾਹਿਬ, ਸਾਨੇਵਾਲ, ਪੱਦੀ, ਜੱਸੜ, ਜਰਖੜ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਪੁੱਜਾ। ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦਿੱਤੇ ਗਏ।
ਨਗਰ ਕੀਰਤਨ ਮੌਕੇ ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ ਸਨ। ਜ਼ਿਕਰਯੋਗ ਹੈ ਕਿ ਆਪੇ ਗੁਰੁ ਚੇਲਾ ਨਗਰ ਕੀਰਤਨ 12 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਲਈ ਰਵਾਨਾ ਹੋਵੇਗਾ। ਨਗਰ ਕੀਰਤਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਪ੍ਰੇਮ ਸਿੰਘ ਚੰਦੂਮਾਜਰਾ, ਸ. ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਸ. ਕਰਨ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਸ. ਗੁਰਿੰਦਰ ਸਿੰਘ ਗੋਗੀ, ਸ. ਹਰਜਿੰਦਰ ਸਿੰਘ ਪੁਵਾਤ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਸ. ਅਮਨਦੀਪ ਸਿੰਘ ਮਾਂਗਟ, ਸ. ਰਣਬੀਰ ਸਿੰਘ ਪੂਨੀਆਂ, ਸ. ਅਮਰਜੀਤ ਸਿੰਘ ਸੱਲੋਮਾਜਰਾ, ਸ. ਬਲਦੇਵ ਸਿੰਘ ਹਫਜਾਬਾਦ, ਸ. ਗੁਰਮੀਤ ਸਿੰਘ ਮਕੜੌਨਾ, ਸ. ਪ੍ਰੀਤਮ ਸਿੰਘ ਸੱਲੋਜਾਮਰਾ, ਸ. ਜਗਜੀਤ ਸਿੰਘ ਭੰਗੂ, ਸ. ਮਨੋਜ ਸਿੰਘ ਮੱਕੜ, ਸ. ਅਮਰੀਕ ਸਿੰਘ ਸੁਪਰਵਾਈਜ਼ਰ, ਸ. ਰਵਿੰਦਰ ਸਿੰਘ, ਸ. ਲਵਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਗੁਰਨਾਮ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।