ਅੰਮ੍ਰਿਤਸਰ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪ੍ਰਾਈਵੇਟ ਕੰਪਨੀਆਂ ਵੱਲੋਂ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਹੁਣ ਮਰੀਜ਼ਾਂ ਦੇ ਸੈਂਪਲ ਲੈ ਕੇ ਟਰੱਸਟ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਕਰਵਾਏਗਾ। ਪ੍ਰਾਈਵੇਟ ਕੰਪਨੀ ਵੱਲੋਂ ਟੈਸਟ ਕਰਵਾਉਣ ਤੋਂ ਸਾਫ਼ ਇਨਕਾਰ ਕੀਤੇ ਜਾਣ ਕਾਰਨ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਜ਼ਾਨਾ 2 ਹਜ਼ਾਰ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ’ਤੇ ਆਪਣਾ ਚੈਕਅੱਪ ਅਤੇ ਟੈਸਟ ਕਰਵਾਉਣ ਲਈ ਆਉਂਦੇ ਹਨ। ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਲਈ ਕ੍ਰਿਸ਼ਨਾ ਡਾਇਗਨੌਸਟਿਕ ਲੈਬ ਨਾਲ ਸੰਪਰਕ ਕੀਤਾ ਸੀ।
ਇਨ੍ਹਾਂ ਕਲੀਨਿਕਾਂ ਦਾ ਉਦਘਾਟਨ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕਾਹਲੀ ਵਿਚ ਕੀਤਾ ਗਿਆ ਪਰ ਨਾ ਤਾਂ ਸਟਾਫ਼ ਦਿੱਤਾ ਗਿਆ ਅਤੇ ਨਾ ਹੀ ਗੋਲੀਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਲੈਬਾਰਟਰੀ ਟੈਸਟ ਲਈ ਕ੍ਰਿਸ਼ਨਾ ਡਾਇਗਨੌਸਟਿਕ ਲੈਬ ਨਾਲ ਸੰਪਰਕ ਕੀਤਾ ਗਿਆ। ਇਹ ਲੈਬ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪੀ. ਪੀ. ਪੀ. ਮੋਡ ’ਤੇ ਮਰੀਜ਼ਾਂ ਦੀ ਜਾਂਚ ਕਰਦਾ ਹੈ। ਇਸ ਲੈਬ ਨੂੰ ਆਮ ਆਦਮੀ ਕਲੀਨਿਕਾਂ ਵਿਚ ਟੈਸਟ ਕਰਨ ਦਾ ਕੰਮ ਸੌਂਪਿਆ ਗਿਆ ਸੀ। 1 ਮਾਰਚ ਤੋਂ ਲੈਬ ਪ੍ਰਬੰਧਨ ਨੇ ਇਨ੍ਹਾਂ ਕਲੀਨਿਕਾਂ ਵਿਚ ਟੈਸਟ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਇਸ ਸਮੱਸਿਆ ਦੇ ਹੱਲ ਲਈ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਇਕ ਤੂਫ਼ਾਨੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਕਿਹਾ ਗਿਆ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਕਿਸੇ ਮਰੀਜ਼ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
post by parmvir singh