ਪਾਕਿਸਤਾਨ ਵਿੱਚ ਤੇਲ ਦੀਆ ਕੀਮਤਾਂ ਛੂਹੇ ਅਸਮਾਨ।

0
36

Pakistan Petrol Price Hiked: ਪਾਕਿਸਤਾਨ ਸਰਕਾਰ ਨੇ ਮੱਧ ਪੂਰਬ (Middle East) ਵਿੱਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰ ਦਿੱਤਾ ਹੈ। ਇਹ ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਇਸ ਫੈਸਲੇ ਤੋਂ ਬਾਅਦ ਹੁਣ ਪੈਟਰੋਲ ਦੀ ਕੀਮਤ 321.17 ਰੁਪਏ ਅਤੇ ਡੀਜ਼ਲ ਦੀ ਕੀਮਤ 335.86 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਪਾਕਿਸਤਾਨੀ ਮੰਤਰੀਆਂ ਨੇ ਅੱਧੀ ਰਾਤ ਨੂੰ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਖੇਤਰੀ ਤਣਾਅ ਕਾਰਨ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ।

ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਹਰ ਹਫ਼ਤੇ ਕੀਤੀ ਜਾਵੇਗੀ ਤਾਂ ਜੋ ਕੌਮਾਂਤਰੀ ਬਾਜ਼ਾਰ ਮੁਤਾਬਕ ਬਦਲਾਅ ਕੀਤੇ ਜਾ ਸਕਣ।ਤੇਲ ਮੰਤਰੀ ਅਲੀ ਪਰਵੇਜ਼ ਮਲਿਕ ਨੇ ਕਿਹਾ ਕਿ ਹਰਮੁਜ਼ ਜਲਡਮਰੂਮੱਧ (Strait of Hormuz) ਰਾਹੀਂ ਹੋਣ ਵਾਲੀ ਸਪਲਾਈ ਰੁਕਣ ਕਾਰਨ ਮੁਸ਼ਕਲਾਂ ਆ ਰਹੀਆਂ ਹਨ, ਪਰ ਦੇਸ਼ ਕੋਲ ਫਿਲਹਾਲ ਲੋੜੀਂਦਾ ਸਟਾਕ ਮੌਜੂਦ ਹੈ। ਇਸ ਵਾਧੇ ਦੀ ਖ਼ਬਰ ਫੈਲਦਿਆਂ ਹੀ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਪੰਪਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਕਿਉਂਕਿ ਲੋਕ ਪੁਰਾਣੀਆਂ ਕੀਮਤਾਂ ’ਤੇ ਤੇਲ ਭਰਵਾਉਣ ਲਈ ਕਾਹਲੇ ਸਨ।