ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼
ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ
ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ
ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ
ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਮਝੌਤੇ ‘ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ। ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ।
ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ। ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ ‘ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ। ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।
Related posts:
BIG NEWS: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀੀ ਰਿਹਾਇਸ਼ ਤੋਂ ਕੀਤਾ ਗ੍ਰਿ...
Maujaan Hi Maujaan: "ਪੰਜਾਬੀ ਆਉਣ ਵਾਲੀ ਫਿਲਮ "ਮੌਜਾਂ ਹੀ ਮੌਜਾਂ' ਨੇ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ ਕੀਤੀ! ...
ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਕੀਤੇ ਤਬਾਦਲੇ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਬਠਿੰਡਾ ਪਹੁੰਚੇ , ਬਾਦਲ ਪਰਿਵਾਰ ਤੇ ਸਾਧੇ ਨਿਸ਼ਾਨੇ