ਮੌਸਮ ਵਿਭਾਗ ਮੁਤਾਬਿਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲੇਗੀ। ਖਾਸ ਤੌਰ ‘ਤੇ ਮੌਸਮ ਵਿਭਾਗ ਨੇ 6, 7 ਅਤੇ 8 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਨਵਾਂਸ਼ਹਿਰ ‘ਚ ਮੀਂਹ ਪੈਣ ਨਾਲ ਪਾਰਾ ਹੇਠਾਂ ਆ ਗਿਆ ਅਤੇ ਮੌਸਮ ਸੁਹਾਵਣਾ ਹੋ ਗਿਆ।
ਇਸ ਨਾਲ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਫਿਲਹਾਲ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ‘ਚ ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਰੋਜ਼ਾਨਾ ਵੱਧ ਰਿਹਾ ਸੀ। ਕੁੱਲ ਮਿਲਾ ਕੇ 2.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਏ ਮੋਹਲੇਧਾਰ ਮੀਂਹ ਨਾਲ ਇੱਕ ਦਿਨ ਵਿੱਚ ਹੀ ਪਾਰਾ ਢਾਈ ਡਿਗਰੀ ਹੇਠਾਂ ਆ ਗਿਆ। ਹਾਲਾਂਕਿ, ਇਹ ਆਮ ਦੇ ਨੇੜੇ-ਤੇੜੇ ਰਿਹਾ। ਫਰੀਦਕੋਟ ‘ਚ ਸਭ ਤੋਂ ਵੱਧ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ।