ਪੰਜਾਬ ”ਚ ਵੀ ਹੋਣ ਜਾ ਰਿਹੈ SIR, ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ!

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਦੇਸ਼ ਦੇ 22 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੋਟਰ ਸੂਚੀਆਂ ਦੇ ਵਿਸ਼ੇਸ਼ ਵਿਆਪਕ ਸੁਧਾਈ (SIR) ਦੀ ਪ੍ਰਕਿਰਿਆ ਅਪ੍ਰੈਲ ਮਹੀਨੇ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਮੇਤ ਹੋਰਨਾਂ ਰਾਜਾਂ ਨੂੰ ਪੱਤਰ ਲਿਖ ਕੇ ਤਿਆਰੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਵਿਚ ਇਸ ਵਿਸ਼ੇਸ਼ ਮੁਹਿੰਮ ਲਈ ਤਿਆਰੀਆਂ ਪਹਿਲਾਂ ਹੀ ਸਰਗਰਮੀ ਨਾਲ ਚੱਲ ਰਹੀਆਂ ਹਨ। ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਦਰੁਸਤ ਕਰਨ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਡਾਟਾ ਦਾ ਮਿਲਾਨ ਕੀਤਾ ਜਾ ਰਿਹਾ ਹੈ। ਇਸ ਕੰਮ ਲਈ ਫਿਲਹਾਲ ਮੁਲਾਜ਼ਮਾਂ ਵੱਲੋਂ ਘਰ-ਘਰ ਜਾ ਕੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੀ ਗੁੰਜਾਇਸ਼ ਨਾ ਰਹੇ।

ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਵੀ ਇਹ ਪ੍ਰਕਿਰਿਆ ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਵਰਗੇ ਪ੍ਰਦੇਸ਼ਾਂ ਵਿਚ ਵੀ ਚੋਣ ਅਧਿਕਾਰੀਆਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਪਿਛਲੇ ਸਾਲ ਜੂਨ ਵਿਚ ਦੇਸ਼ ਪੱਧਰ ‘ਤੇ SIR ਦੇ ਆਦੇਸ਼ ਦਿੱਤੇ ਸਨ। ਹੁਣ ਤੱਕ 13 ਰਾਜਾਂ ਵਿਚ ਇਹ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਬਚੇ 22 ਰਾਜਾਂ ਵਿਚ ਅਪ੍ਰੈਲ ਤੋਂ ਇਹ ਅਹਿਮ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਦੇਸ਼ ਦੇ ਸਾਰੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਇਸ ਦੇ ਘੇਰੇ ਵਿਚ ਆ ਜਾਣਗੇ।
 

See also  ਸ਼ਾਹਕੋਟ ਦੇ 4 ਪਿੰਡਾਂ ਵਿੱਚ ਇੱਕ ਰਾਤ 'ਚ 6 ਥਾਂਈ ਚੋਰੀਆਂ