ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ । ਪੰਜਾਬ ਸਰਕਾਰ ਵੱਲੋਂ 27 ਜਨਵਰੀ ਨੂੰ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੇ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਅੰਮ੍ਰਿਤਸਰ ਵਿੱਚ 27 ਜਨਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਸੀਐਮ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਦੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਜਾਵੇਗੀ ਅਤੇ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ।
POST BY PARMVIR SINGH