ਭਗਵੰਤ ਮਾਨ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ

0
1

ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ ਹੀ ਪੂਰੀ ਤਰ੍ਹਾਂ ਕਲੈਪਸ (collapse) ਕਰ ਚੁੱਕੀਆਂ ਹਨ ਅਤੇ ਕੋਈ ਵੀ ਅਫ਼ਸਰ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ। ਪਰਗਟ ਸਿੰਘ ਨੇ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਕੀਤੇ ਜਾ ਰਹੇ ਐਲਾਨਾਂ ਨੂੰ ਮਹਿਜ਼ ਇਕ ‘ਚੋਣ ਜੁਮਲਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨੇ ਦੀਆਂ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਗਾਂ ਦੀਆਂ ਰੈਗੂਲਰ ਪੈਨਸ਼ਨਾਂ ਅਜੇ ਤੱਕ ਨਹੀਂ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਫੰਡ ਹਨ ਤਾਂ ਪਹਿਲਾਂ ਇਨ੍ਹਾਂ ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਨਾ ਚਾਹੀਦਾ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ, ਜੋਕਿ ਲਗਭਗ ਸਵਾ ਲੱਖ ਕਰੋੜ ਤੱਕ ਪਹੁੰਚਣ ਵਾਲੀ ਹੈ।