ਫਗਵਾੜਾ ‘ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ।
ਦੱਸਣਯੋਗ ਹੈ ਕਿ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ ‘ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇਪੀਟੀ, ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ, ਨੂੰ ਸੈਲਿਊਟ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।