ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਸਫਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਨੂੰ ਸਹਿਯੋਗ ਕਰਨ ਦੀ ਕੀਤੀ
ਹੁਸ਼ਿਆਰਪੁਰ: ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਫ਼ੈਸਲੇ ਲੈਂਦਿਆਂ ਸੂਬੇ ਭਰ ਵਿੱਚ 7 ਹਜ਼ਾਰ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ, ਜਦਕਿ ਠੇਕਾ ਆਧਾਰ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਹੋਰ ਲੰਬਿਤ ਮੰਗਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਪੜਾਅਵਾਰ ਢੰਗ ਨਾਲ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਅਨੇਕਾਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਸਾਲਾਂ ਤੋਂ ਰੁਕੀਆਂ ਸਰਕਾਰੀ ਭਰਤੀਆਂ ਮੁੜ ਸ਼ੁਰੂ ਕਰਨਾ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ, ਸੜਕਾਂ ਦਾ ਵਿਆਪਕ ਵਿਕਾਸ, 19 ਤੋਂ ਵੱਧ ਟੋਲ ਪਲਾਜ਼ੇ ਬੰਦ ਕਰਨਾ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ ਅਤੇ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਪ੍ਰਮੁੱਖ ਪ੍ਰਾਪਤੀਆਂ ਹਨ। ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ-ਕਲਿਆਣ ਲਈ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ।ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਸੁਰਿੰਦਰ ਕੁਮਾਰ ਵੀ ਹਾਜ਼ਰ ਸਨ।Location :Chandigarh,ChandigarhRead More















