ਭੁਲੱਥ ਦੇ ਰਾਮਗੜ੍ਹ ਵਿਚ ਪੰਜਾਬ ਪੁਲੀਸ ਦੀ ਟੀਮ ਤੇ ਹੋਰ ਅਮਲਾ ਅੱਜ ਵਿਧਾਇਕ ਸੁਖਪਾਲ ਖਹਿਰਾ ਦਾ ਘਰ ਢਾਹੁਣ ਪੁੱਜਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਖਹਿਰਾ ਸਮਰਥਕ ਇਕੱਠੇ ਹੋ ਗਏ। ਇਸ ਮੌਕੇ ਸੁਖਪਾਲ ਖਹਿਰਾ ਜੇਸੀਬੀ ਮਸ਼ੀਨ ਅੱਗੇ ਬੈਠ ਗਏ ਤੇ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ਼ ਧਰਨਾ ਸ਼ੁਰੂ ਕੀਤਾ। ਦੂਜੇ ਪਾਸੇ ਪੁਲੀਸ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜ ਗਏ ਹਨ ਤੇ ਸੁਖਪਾਲ ਖਹਿਰਾ ਨੂੰ ਉਠਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਪੇਂਡੂ ਸਥਾਨਕ ਇਕਾਈਆਂ ਲਈ 15ਵੇਂ ਵਿੱਤ ਕਮਿਸ਼ਨ ਦੇ ਤਹਿਤ ਜਾਰੀ ਕੀਤੇ ਗਏ ਲਗਪਗ 750 ਕਰੋੜ ਰੁਪਏ ਦੇ ਫੰਡਾਂ ਦੀ ਕਥਿਤ ਦੁਰਵਰਤੋਂ ਦੀ ਤੁਰੰਤ ਜਾਂਚ ਦੀ ਮੰਗ ਕੀਤੀ ਸੀ।
ਖਹਿਰਾ ਅਨੁਸਾਰ ਸੰਵਿਧਾਨਕ ਤੌਰ ‘ਤੇ ਲਾਜ਼ਮੀ ਗ੍ਰਾਂਟਾਂ ਦਾ ਇੱਕ ਵੱਡਾ ਹਿੱਸਾ ਸਿੱਧੇ ਤੌਰ ‘ਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਤਬਦੀਲ ਨਹੀਂ ਕੀਤਾ ਗਿਆ। ਇਸ ਦੀ ਬਜਾਏ ਰਿਪੋਰਟਾਂ ਅਨੁਸਾਰ ਇਨ੍ਹਾਂ ਫੰਡਾਂ ਦੀ ਵਰਤੋਂ ਵਿਭਾਗੀ ਦੇਣਦਾਰੀਆਂ ਨੂੰ ਪੂਰਾ ਕਰਨ ਲਈ ਕੀਤੀ ਗਈ, ਜਿਸ ਵਿੱਚ ਜਲ ਸਪਲਾਈ ਅਤੇ ਸਬੰਧਤ ਸੇਵਾਵਾਂ ਨਾਲ ਜੁੜੇ ਸੰਚਾਲਨ ਖਰਚੇ ਸ਼ਾਮਲ ਹਨ, ਜੋ ਕਿ ਨਿਰਧਾਰਤ ਵਿੱਤੀ ਨਿਯਮਾਂ ਦੀ ਪਾਲਣਾ ‘ਤੇ ਸਵਾਲ ਖੜ੍ਹੇ ਕਰਦੇ ਹਨ।