8-year-old boy mauled to death by stray dogs in Jalal Usma village

0
1
ਬੇਅਦਬੀ ਕਾਨੂੰਨ-2026 'ਚ ਸੋਧਾਂ ਨੂੰ ਲੈ ਕੇ ਪੇਚ ਬਰਕਰਾਰ, 27 ਨਵੰਬਰ ਨੂੰ ਮੁੜ ਮੀਟਿੰਗ

ਸਕੂਲ ਜਾਣ ਲਈ ਘਰੋਂ ਨਿਕਲਿਆ 8 ਸਾਲਾ ਮਾਸੂਮ ਰਣਜੀਤ ਸਿੰਘ ਵਾਪਸ ਨਹੀਂ ਪਰਤਿਆ। ਪਿੰਡ ਦੀ ਗਰਾਊਂਡ ਵਿੱਚ ਉਸ ਨਾਲ ਜੋ ਵਾਪਰਿਆ, ਉਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਇਨਸਾਫ਼ ਅਤੇ ਮਦਦ ਦੀ ਗੁਹਾਰ ਲਗਾ ਰਿਹਾ ਹੈ। ਅੰਮ੍ਰਿਤਸਰ ਦੇ ਮਹਿਤਾ ਚੌਂਕ ਅਧੀਨ ਪੈਂਦੇ ਪਿੰਡ ਜਲਾਲ ਉਸਮਾ ਵਿੱਚ ਇੱਕ ਅਜਿਹੀ ਦਿਲ ਕੰਬਾਊ ਘਟਨਾ ਵਾਪਰੀ, ਜਿਸ ਨੇ ਪੂਰੇ ਪਿੰਡ ਨੂੰ ਸੋਗ ਵਿੱਚ ਡੁਬੋ ਦਿੱਤਾ। ਸਰਕਾਰੀ ਸਕੂਲ ਦੀ ਗਰਾਊਂਡ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਨੇ 8 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਚੇ ਦੀ ਲਹੂ-ਲੁਹਾਨ ਲਾਸ਼ ਮਿਲਣ ‘ਤੇ ਪਰਿਵਾਰ ਵਿੱਚ ਚੀਕ-ਚਿਹਾੜਾ ਮਚ ਗਿਆ ਅਤੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਫੈਲ ਗਈ।ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਤ ਸੀ। ਪਰਿਵਾਰ ਲਈ ਰਣਜੀਤ ਦੀ ਮੌਤ ਅਜਿਹਾ ਦੁੱਖ ਬਣ ਕੇ ਆਈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਇੱਕ ਪਾਸੇ ਮਾਪੇ ਆਪਣੇ ਪੁੱਤ ਦੇ ਵਿਛੋੜੇ ਵਿੱਚ ਤੜਫ ਰਹੇ ਹਨ, ਉੱਥੇ ਹੀ ਤਿੰਨ ਭੈਣਾਂ ਦੇ ਸਿਰ ਤੋਂ ਇਕਲੌਤੇ ਵੀਰ ਦਾ ਸਾਇਆ ਹਮੇਸ਼ਾ ਲਈ ਉੱਠ ਗਿਆ।ਜਾਣਕਾਰੀ ਮੁਤਾਬਕ ਰਣਜੀਤ ਸਿੰਘ ਸਵੇਰੇ ਸਕੂਲ ਗਿਆ ਸੀ, ਪਰ ਇਸ ਦੌਰਾਨ ਉਹ ਸਕੂਲ ਦੀ ਗਰਾਊਂਡ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਕੁੱਤਿਆਂ ਨੇ ਉਸ ਦੇ ਸਿਰ ਅਤੇ ਲੱਤਾਂ ਨੂੰ ਬੁਰੀ ਤਰ੍ਹਾਂ ਨੋਚਿਆ, ਜਦਕਿ ਉਸ ਦਾ ਸੱਜਾ ਕੰਨ ਵੀ ਖਾ ਲਿਆ। ਬੱਚੇ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮਾਂ ਨੇ ਵਿਰਲਾਪ ਕਰਦਿਆਂ ਕਿਹਾ ਕਿ ਕਾਸ਼ ਕੋਈ ਪਿੰਡ ਵਾਸੀ ਉਸ ਦੇ ਪੁੱਤ ਨੂੰ ਇਨ੍ਹਾਂ ਖੂੰਖਾਰ ਕੁੱਤਿਆਂ ਤੋਂ ਬਚਾ ਲੈਂਦਾ।ਬੱਚੇ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ੀ-ਰੋਟੀ ਕਮਾਉਣ ਲਈ ਦਿਹਾੜੀ ‘ਤੇ ਗਿਆ ਹੋਇਆ ਸੀ, ਜਦੋਂ ਉਸ ਨੂੰ ਪੁੱਤ ਨਾਲ ਵਾਪਰੀ ਮੰਦਭਾਗੀ ਘਟਨਾ ਬਾਰੇ ਪਤਾ ਲੱਗਾ। ਪਰਿਵਾਰ ਦੀ ਆਰਥਿਕ ਹਾਲਤ ਵੀ ਬੇਹੱਦ ਮਾੜੀ ਹੈ। ਪਿਛਲੇ ਸਮੇਂ ਦੌਰਾਨ ਮੀਂਹ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ ਸੀ ਅਤੇ ਘਰ ਦਾ ਸਮਾਨ ਵੀ ਗੁਆਂਢੀ ਦੇ ਘਰ ਰੱਖਣਾ ਪਿਆ। ਅਜਿਹੇ ਹਾਲਾਤ ਵਿੱਚ ਪੁੱਤ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ।ਪਿੰਡ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ ਅਤੇ ਲੋਕਾਂ ਨੂੰ ਇਨ੍ਹਾਂ ਦੇ ਹਮਲਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰ ਦੀ 2023 ਦੀ ਨੀਤੀ ਤਹਿਤ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਬੱਚੇ ਦੀ ਮੌਤ ਹੋਣ ‘ਤੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਗਰੀਬ ਪਰਿਵਾਰ ਨੂੰ ਨੀਤੀ ਤਹਿਤ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।ਪਿੰਡ ਵਾਸੀਆਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਗਊ ਸੈੱਸ ਸਮੇਤ ਵੱਖ-ਵੱਖ ਕਰ ਲਏ ਜਾਂਦੇ ਹਨ, ਪਰ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕੁੱਤਿਆਂ ਦੀ ਨਸਬੰਦੀ, ਉਨ੍ਹਾਂ ਨੂੰ ਕਾਬੂ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਰੱਖਣ ਲਈ ਠੋਸ ਪ੍ਰਬੰਧ ਕੀਤੇ ਜਾਣ। ਪਿੰਡ ਵਾਸੀਆਂ ਮੁਤਾਬਕ ਇਸ ਪਰਿਵਾਰ ਦੀ ਇੱਕ ਧੀ ਨੂੰ ਵੀ ਕੁਝ ਸਾਲ ਪਹਿਲਾਂ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ ਸੀ, ਜਿਸ ਦੇ ਇਲਾਜ ‘ਤੇ ਕਰੀਬ ਇੱਕ ਲੱਖ ਰੁਪਏ ਖਰਚ ਕਰਕੇ ਉਸ ਦੀ ਜਾਨ ਬਚਾਈ ਗਈ ਸੀ।ਇਸ ਦੌਰਾਨ ਅਧਿਕਾਰੀ ਰਛਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਪਹਿਲਾਂ ਵੀ ਘਰ ਦੀ ਛੱਤ ਡਿੱਗਣ ਕਾਰਨ ਮੁਆਵਜ਼ੇ ਲਈ ਅਰਜ਼ੀ ਦੇ ਚੁੱਕਾ ਸੀ, ਪਰ ਅਜੇ ਤੱਕ ਉਸ ਨੂੰ ਰਾਹਤ ਨਹੀਂ ਮਿਲੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਦੇਖਦਿਆਂ ਘਰ ਦੇ ਨੁਕਸਾਨ ਅਤੇ ਬੱਚੇ ਦੀ ਮੌਤ ਦੇ ਮਾਮਲੇ ਵਿੱਚ ਬਣਦੀ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ, ਨਸਬੰਦੀ ਕਰਵਾਉਣ ਅਤੇ ਪਿੰਡਾਂ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।ਪੁਲਿਸ ਮੁਤਾਬਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਲਿਜਾਇਆ ਗਿਆ ਹੈ। ਪੁਲਿਸ ਚੌਕੀ ਬੁੱਟਰ ਕਲਾਂ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਧਾਰਾ 174 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਦਰਦਨਾਕ ਘਟਨਾ ਨੇ ਇੱਕ ਵਾਰ ਫਿਰ ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਿੰਡ ਵਾਸੀਆਂ ਦੀ ਮੰਗ ਹੈ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਨਾ ਸਹਿਣਾ ਪਵੇ।Read More

Rozana Times

LEAVE A REPLY

Please enter your comment!
Please enter your name here