ਪੰਜਾਬ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਪੈਟਰੋਲ ਬੰਬ ਸੁੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਵਧ ਗਈ ਹੈ। ਆਖ਼ਿਰ ਇਨ੍ਹਾਂ ਹਮਲਿਆਂ ਪਿੱਛੇ ਕੌਣ ਹੈ ਅਤੇ ਮਕਸਦ ਕੀ ਸੀ? ਪੰਜਾਬ ਵਿੱਚ 2 ਵੱਖ-ਵੱਖ ਥਾਵਾਂ ‘ਤੇ ਪੈਟਰੋਲ ਬੰਬ ਸੁੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪਟਿਆਲਾ ਅਤੇ ਸੰਗਰੂਰ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੋਵੇਂ ਮਾਮਲਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।ਪਹਿਲੀ ਘਟਨਾ ਸੰਗਰੂਰ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ ਨਾਲ ਜੁੜੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਐਤਵਾਰ ਤੜਕੇ ਕਰੀਬ 3 ਵਜੇ ਅਣਪਛਾਤੇ ਵਿਅਕਤੀਆਂ ਨੇ ਦਫ਼ਤਰ ਦੀ ਕੰਧ ਵੱਲ ਪੈਟਰੋਲ ਬੰਬ ਸੁੱਟਿਆ। ਹਮਲੇ ਕਾਰਨ ਕੰਧ ਦਾ ਕੁਝ ਹਿੱਸਾ ਸੜ ਗਿਆ ਅਤੇ ਉੱਥੇ ਅੱਗ ਲੱਗਣ ਦੇ ਨਿਸ਼ਾਨ ਦੇਖੇ ਗਏ।ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਜਾਂਚ ਅਧਿਕਾਰੀ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਘਟਨਾ ਦੇ ਅਸਲ ਕਾਰਨਾਂ ਤੱਕ ਪਹੁੰਚਿਆ ਜਾ ਸਕੇ।ਦੂਜੀ ਘਟਨਾ ਪਟਿਆਲਾ ਦੇ ਅਬਚਲ ਨਗਰ ਇਲਾਕੇ ਦੀ ਹੈ, ਜਿੱਥੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਪੈਟਰੋਲ ਬੰਬ ਸੁੱਟ ਦਿੱਤਾ। ਹਮਲੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਘਟਨਾ ਦੌਰਾਨ ਕਿਸੇ ਵੱਡੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ, ਪਰ ਹਮਲੇ ਨੇ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ।ਇਸ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਇਨ੍ਹਾਂ ਤਸਵੀਰਾਂ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਫਿਲਹਾਲ ਦੋਵੇਂ ਮਾਮਲਿਆਂ ਵਿੱਚ ਕਿਸੇ ਵੀ ਸ਼ੱਕੀ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਜਾਰੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਲਗਾਤਾਰ ਸਾਹਮਣੇ ਆਈਆਂ ਇਨ੍ਹਾਂ ਦੋ ਘਟਨਾਵਾਂ ਨੇ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।







