ਕੈਬਨਿਟ ਮੰਤਰੀ ਅਮਨ ਅਰੋੜਾ ਸੁਨਾਮ ਵਿਖੇ ਨਿਆਈ ਸਾਹਿਬ ਵਾਲੀ ਧਰਮਸ਼ਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ, ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੌਮਾਂਤਰੀ ਵੇਟਲਿਫਟਰ ਅਤੇ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਮਗਾ ਜੇਤੂ ਹਰਜਿੰਦਰ ਕੌਰ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਦੇ ਰਹੀਆਂ ਹਨ ਮੌਕੇਅਮਨ ਅਰੋੜਾ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧੀਆ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ।ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਸਾਂਝਾ ਮੰਚ ਪ੍ਰਦਾਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਰਾਹੀਂ ਉੱਭਰਦੀ ਖੇਡ ਪ੍ਰਤਿਭਾ ਦੀ ਪਛਾਣ ਹੋਣ ਦੇ ਨਾਲ-ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵੀ ਵਧ ਰਹੀ ਹੈ।ਹਰਜਿੰਦਰ ਕੌਰ ਨੇ ਖਿਡਾਰੀਆਂ ਦਾ ਵਧਾਇਆ ਹੌਸਲਾਕੌਮਾਂਤਰੀ ਵੇਟਲਿਫਟਰ ਅਤੇ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਮਗਾ ਜੇਤੂ ਹਰਜਿੰਦਰ ਕੌਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਵਰਗੀਆਂ ਖਿਡਾਰਨਾਂ ਦੀਆਂ ਪ੍ਰਾਪਤੀਆਂ ਖ਼ਾਸ ਕਰਕੇ ਲੜਕੀਆਂ ਸਮੇਤ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹਨ।ਸੁਨਾਮ ਵਿੱਚ ਆਧੁਨਿਕ ਹਾਕੀ ਗਰਾਊਂਡ ਦਾ ਨਿਰਮਾਣ ਲਗਭਗ ਮੁਕੰਮਲਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਵਿਖੇ ਆਧੁਨਿਕ ਹਾਕੀ ਗਰਾਊਂਡ ਦਾ ਨਿਰਮਾਣ ਕਾਰਜ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਇਸੇ ਮਹੀਨੇ ਇਹ ਗਰਾਊਂਡ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਇਲਾਕੇ ਦੇ ਹਾਕੀ ਖਿਡਾਰੀਆਂ ਨੂੰ ਅਭਿਆਸ ਲਈ ਬਿਹਤਰ ਮਾਹੌਲ ਮਿਲੇਗਾ ਅਤੇ ਨਵੇਂ ਖਿਡਾਰੀਆਂ ਨੂੰ ਵੀ ਹਾਕੀ ਨਾਲ ਜੁੜਨ ਲਈ ਉਤਸ਼ਾਹ ਮਿਲੇਗਾ। ਹਾਕੀ ਕਲੱਬ ਵੱਲੋਂ ਗਰਾਊਂਡ ਵਿੱਚ ਕਮਰੇ ਦੀ ਉਸਾਰੀ ਦੀ ਮੰਗ ਸਬੰਧੀ ਉਨ੍ਹਾਂ ਭਰੋਸਾ ਦਿੱਤਾ ਕਿ ਖਿਡਾਰੀਆਂ ਦੀ ਲੋੜ ਅਨੁਸਾਰ ਕਮਰੇ ਦੀ ਉਸਾਰੀ ਵੀ ਜਲਦ ਕਰਵਾਈ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਸ ਖੇਡ ਪ੍ਰੋਜੈਕਟ ਵਿੱਚ ਲੋੜੀਂਦੀਆਂ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਤੇ ਜ਼ੋਰਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਸਿਖਲਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਢੁੱਕਵੀਆਂ ਸਹੂਲਤਾਂ ਮਿਲਣ ਨਾਲ ਉਹ ਓਲੰਪਿਕ, ਏਸ਼ੀਆਈ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਵੱਡੇ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਕਰ ਸਕਣਗੇ।ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਆਪਣੇ ਨੇੜਲੇ ਖੇਤਰਾਂ ਵਿੱਚ ਹੀ ਅਭਿਆਸ ਕਰ ਸਕਣ। ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਉਨ੍ਹਾਂ ਮਾਪਿਆਂ ਅਤੇ ਕੋਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਖੇਡ ਪ੍ਰਤਿਭਾ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਖੇਡ ਵਿਭਾਗ ਦੇ ਨੁਮਾਇੰਦੇ, ਕੋਚ, ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।







