ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ |

0
3
Today Punjabi News

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਪਿੰਡ ਸਿੰਘੋਕੀ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਪਿਸਤੌਲਾਂ ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦੇ ਮੋਟਰਸਾਈਕਲ ਜਿਸ ਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੁਲਿਸ ਤੋਂ ਬਚਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਨੂੰ ਪਹੁੰਚਾਉਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਹਥਿਆਰਾਂ ਨੂੰ ਅੱਗੇ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤਾ ਜਾਣਾ ਸੀ।ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਲਜੀਤ ਸਿੰਘ ਅਤੇ ਅਰਸ਼ਦੀਪ ਸਿੰਘ, ਆਪਣੇ ਸਾਥੀ ਗੁਰਜੰਟ ਸਿੰਘ ਦੇ ਨਾਲ, ਰਾਮਦਾਸ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਦੂਜੀ ਧਿਰ ਨੂੰ ਡਿਲੀਵਰੀ ਕਰਨ ਲਈ ਇੱਕ ਕਾਲੇ ਮੋਟਰਸਾਈਕਲ ‘ਤੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਛਾਪਾ ਮਾਰਿਆ ਅਤੇ ਵੇਰਕਾ ਬਾਈਪਾਸ ‘ਤੇ ਫਤਿਹਗੜ੍ਹ ਸ਼ੁਕਰਚੱਕ ਅੰਡਰ-ਬ੍ਰਿਜ ਦੇ ਨੇੜੇ ਤਿੰਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 10 ਵਿਦੇਸ਼ੀ .30 ਬੋਰ ਪਿਸਤੌਲ ਬਰਾਮਦ ਕੀਤੇ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1ਏ), 25(1ਬੀ), 25(7) ਅਤੇ 25(8), ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 61(2) ਤੇ 111 ਤਹਿਤ ਮਿਤੀ 27-10-2026 ਨੂੰ ਐਫਆਈਆਰ ਨੰਬਰ 70 ਦਰਜ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here