ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਵਾਲੀ ਗੱਲ : ਹਰਭਜਨ ਸਿੰਘ :
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਸ. ਜਰਮਨਪ੍ਰੀਤ ਸਿੰਘ ਦਾ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਜਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਪ੍ਰਤੀਯੋਗਤਾ ਵਿੱਚ ਭਾਰਤੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਣ ਵਿੱਚ ਅਹਿਮ ਯੋਗਦਾਨ ਪਾਇਆ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਰਮਨਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਨਾ ਸਿਰਫ਼ ਆਪਣੇ ਪਿੰਡ ਅਤੇ ਹਲਕੇ ਦਾ ਸਗੋਂ ਪੂਰੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਦੇਸ਼ ਨੂੰ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ ਅਤੇ ਅਜਿਹੇ ਹੋਣਹਾਰ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਦੀ ਸਿੱਖਿਆ ਵੀ ਦਿੰਦੀਆਂ ਹਨ।ਉਨ੍ਹਾਂ ਜਰਮਨਪ੍ਰੀਤ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਖੇਡ ਦੇ ਦਮ ‘ਤੇ ਦੇਸ਼ ਲਈ ਹੋਰ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰੇਗਾ।Read More







