SGPC ਦੇ ਨਵੇਂ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਪੰਜ ਵਾਰ ਪ੍ਰਧਾਨ ਰਹਿ ਚੁੱਕੇ ਹਰਜਿੰਦਰ ਸਿੰਘ ਧਾਮੀ ਦੇ ਨਾਮ ਦੀ ਚਰਚਾ ਸਭ ਤੋਂ ਅੱਗੇ ਹੈ… ਕੀ ਉਹ ਮੁੜ ਕਮਾਨ ਸੰਭਾਲਣਗੇ ਜਾਂ ਇਸ ਵਾਰ ਕੋਈ ਨਵਾਂ ਚਿਹਰਾ ਸਾਹਮਣੇ ਆਵੇਗਾ?
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੱਜ ਸਿੱਖ ਸਿਆਸਤ ਵਿੱਚ ਕਾਫ਼ੀ ਹਲਚਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਦੀਆਂ ਸੰਭਾਵਨਾਵਾਂ ਜ਼ੋਰ ਫੜ ਰਹੀਆਂ ਹਨ। ਜੇ ਉਹ ਦੁਬਾਰਾ ਚੁਣੇ ਜਾਂਦੇ ਹਨ ਤਾਂ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਸੰਭਾਲਣਗੇ।ਕੁਝ ਹੀ ਸਮੇਂ ਵਿੱਚ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਵਾਲੇ ਇਸ ਇਕੱਠ ਦੌਰਾਨ ਪ੍ਰਧਾਨ ਦੇ ਨਾਲ-ਨਾਲ ਹੋਰ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਜਾਵੇਗੀ। ਇਸ ਮੀਟਿੰਗ ‘ਤੇ ਸਿੱਖ ਪੰਥ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਸ ਵਿੱਚ ਅਗਲੇ ਕਾਰਜਕਾਲ ਲਈ ਕਮੇਟੀ ਦੀ ਅਗਵਾਈ ਤੈਅ ਹੋਵੇਗੀ।ਧਾਮੀ ਇਸ ਵੇਲੇ ਲਗਾਤਾਰ ਪੰਜ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੇ ਤਜਰਬੇ ਅਤੇ ਪਿਛਲੇ ਕਾਰਜਕਾਲ ਨੂੰ ਦੇਖਦਿਆਂ ਮੁੜ ਉਨ੍ਹਾਂ ਦੇ ਨਾਮ ‘ਤੇ ਸਹਿਮਤੀ ਬਣਨ ਦੀ ਚਰਚਾ ਹੈ। ਹਾਲਾਂਕਿ, ਅੰਤਿਮ ਫ਼ੈਸਲਾ ਜਨਰਲ ਇਜਲਾਸ ਵਿੱਚ ਮੈਂਬਰਾਂ ਦੀ ਵੋਟਿੰਗ ਅਤੇ ਚੋਣ ਪ੍ਰਕਿਰਿਆ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।ਇਸ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਦੀ ਮੀਟਿੰਗ ਸੱਦੀ ਸੀ, ਜਿਸ ਵਿੱਚ ਸਮੂਹਿਕ ਤੌਰ ‘ਤੇ ਚਰਚਾ ਕਰਨ ਤੋਂ ਇਲਾਵਾ ਮੈਂਬਰਾਂ ਨਾਲ ਵੱਖਰੇ ਤੌਰ ‘ਤੇ ਵੀ ਗੱਲਬਾਤ ਕੀਤੀ ਗਈ।ਮੀਟਿੰਗ ਦੌਰਾਨ ਪ੍ਰਧਾਨ ਦੇ ਉਮੀਦਵਾਰ ਨੂੰ ਲੈ ਕੇ ਮੈਂਬਰਾਂ ਦੀ ਰਾਏ ਜਾਣੀ ਗਈ। ਇਸ ਤੋਂ ਬਾਅਦ ਮੌਜੂਦ ਮੈਂਬਰਾਂ ਨੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤਾ। ਇਸ ਕਾਰਨ ਅੱਜ ਹੋਣ ਵਾਲੀ ਚੋਣ ਵਿੱਚ ਅਕਾਲੀ ਦਲ ਵੱਲੋਂ ਕਿਸ ਨੂੰ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ, ਇਸ ਨੂੰ ਲੈ ਕੇ ਵੀ ਚਰਚਾ ਬਣੀ ਹੋਈ ਹੈ।ਸ਼੍ਰੋਮਣੀ ਕਮੇਟੀ ਦੇ ਕੁੱਲ 191 ਮੈਂਬਰ ਹਨ, ਪਰ ਇਨ੍ਹਾਂ ਸਾਰਿਆਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਕਮੇਟੀ ਵਿੱਚ ਛੇ ਐਕਸ-ਆਫ਼ਿਸ ਮੈਂਬਰ ਸ਼ਾਮਲ ਹਨ, ਜਿਨ੍ਹਾਂ ਨੂੰ ਚੋਣ ਦੌਰਾਨ ਵੋਟ ਪਾਉਣ ਦਾ ਹੱਕ ਨਹੀਂ ਹੁੰਦਾ। ਇਸ ਤੋਂ ਇਲਾਵਾ ਮੌਜੂਦਾ ਸਦਨ ਦੀ ਮੈਂਬਰਸ਼ਿਪ ਵਿੱਚ ਕਈ ਅਸਾਮੀਆਂ ਖਾਲੀ ਹੋਣ ਕਾਰਨ ਵੋਟਿੰਗ ਕਰਨ ਵਾਲੇ ਮੈਂਬਰਾਂ ਦੀ ਗਿਣਤੀ ਵੀ ਘੱਟ ਗਈ ਹੈ।ਮਿਲੀ ਜਾਣਕਾਰੀ ਮੁਤਾਬਕ, ਸ਼੍ਰੋਮਣੀ ਕਮੇਟੀ ਦੇ 39 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, ਜਦਕਿ ਪੰਜ ਮੈਂਬਰ ਅਸਤੀਫ਼ੇ ਦੇ ਚੁੱਕੇ ਹਨ। ਇਸ ਤੋਂ ਇਲਾਵਾ ਤਿੰਨ ਮੈਂਬਰਾਂ ‘ਤੇ ਰੋਕ ਲੱਗੀ ਹੋਈ ਹੈ। ਇਨ੍ਹਾਂ ਸਾਰੇ ਕਾਰਨਾਂ ਕਰਕੇ ਅੱਜ ਦੇ ਜਨਰਲ ਇਜਲਾਸ ਵਿੱਚ ਲਗਭਗ 138 ਮੈਂਬਰਾਂ ਕੋਲ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਵੋਟ ਪਾਉਣ ਦਾ ਅਧਿਕਾਰ ਹੋਵੇਗਾ।ਹੁਣ ਜਨਰਲ ਇਜਲਾਸ ਸ਼ੁਰੂ ਹੋਣ ਦੇ ਨਾਲ ਹੀ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣਗੇ ਜਾਂ ਇਸ ਵਾਰ ਸ਼੍ਰੋਮਣੀ ਕਮੇਟੀ ਨੂੰ ਨਵਾਂ ਚਿਹਰਾ ਮਿਲੇਗਾ। ਚੋਣ ਦੇ ਨਤੀਜੇ ਨਾ ਸਿਰਫ਼ ਕਮੇਟੀ ਦੀ ਅਗਲੀ ਅਗਵਾਈ ਤੈਅ ਕਰਨਗੇ, ਸਗੋਂ ਆਉਣ ਵਾਲੇ ਸਮੇਂ ਵਿੱਚ ਸਿੱਖ ਸੰਸਥਾ ਦੇ ਪ੍ਰਬੰਧਕੀ ਅਤੇ ਸਿਆਸੀ ਸਮੀਕਰਨਾਂ ਨੂੰ ਵੀ ਪ੍ਰਭਾਵਿਤ ਕਰਨਗੇ।Read More







