ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਸੁਝਾਅ ਮੰਗੇ।ਕੇਵਲ ਸਿੰਘ ਢਿੱਲੋਂ ਨੇ ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਮੰਗੇ ਸੁਝਾਅਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਵੱਲੋਂ ਸੂਬੇ ਭਰ ਵਿੱਚ ਆਪਣੇ ਪੱਧਰ ’ਤੇ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਜਪਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਆਮ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ।ਕੇਵਲ ਸਿੰਘ ਢਿੱਲੋਂ ਅੱਜ ਪਿੰਡ ਮਾਂਗੇਵਾਲ ਵਿਖੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਦੇ ਨਵੇਂ ਘਰ ਦੇ ਗ੍ਰਹਿ ਪ੍ਰਵੇਸ਼ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਬਦਲਾਅ ਦੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਤੇ ਆਰਥਿਕ ਸਮੱਸਿਆਵਾਂ ਗੰਭੀਰ ਚੁਣੌਤੀ ਬਣੀਆਂ ਹੋਈਆਂ ਹਨ। ਭਾਜਪਾ ਪ੍ਰਧਾਨ ਨੇ ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਦਾ ਜ਼ਿਕਰ ਕਰਦਿਆਂ ਉੱਥੋਂ ਦੇ ਵਿਕਾਸ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਉਦਾਹਰਨਾਂ ਦਿੱਤੀਆਂ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ 24 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਿੱਤਾ ਜਾ ਰਿਹਾ ਹੈ ਅਤੇ ਗੁਰੂਗ੍ਰਾਮ ਦਾ ਮਾਲੀਆ ਪੰਜਾਬ ਦੀ ਸਮੁੱਚੀ ਅਰਥਵਿਵਸਥਾ ਨਾਲੋਂ ਵੱਡਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਨੇ ਤਰੱਕੀ ਕੀਤੀ ਹੈ ਅਤੇ ਦੇਸ਼ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਵੀ ਵਿਕਾਸ ਦਾ ਰੋਡਮੈਪ ਤਿਆਰ ਕਰਨ ਦੀ ਲੋੜ ਹੈ ਅਤੇ ਭਾਜਪਾ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।ਚੋਣ ਮਨੋਰਥ ਪੱਤਰ ਲਈ ਆਮ ਲੋਕਾਂ ਤੋਂ ਸੁਝਾਅ ਮੰਗੇਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸੁਝਾਅ ਪਾਰਟੀ ਲਈ ਮਹੱਤਵਪੂਰਨ ਹਨ, ਕਿਉਂਕਿ ਲੋਕ ਆਪਣੇ ਇਲਾਕਿਆਂ ਦੀਆਂ ਅਸਲ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਬਿਹਤਰ ਜਾਣਕਾਰੀ ਰੱਖਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਅਤੇ ਭਵਿੱਖ ਲਈ ਆਪਣੇ ਸੁਝਾਅ ਪਾਰਟੀ ਤੱਕ ਪਹੁੰਚਾਉਣ।ਨਸ਼ਿਆਂ ਵਿਰੁੱਧ ਮੁਹਿੰਮ ਦਾ ਵੀ ਕੀਤਾ ਜ਼ਿਕਰਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਯਾਤਰਾ ਕੱਢੀ ਗਈ ਸੀ। ਇਸ ਦੌਰਾਨ ਪਾਰਟੀ ਆਗੂਆਂ ਨੇ ਮਾਲਵਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਇਸ ਮੁਹਿੰਮ ਦਾ ਸਵਾਗਤ ਕੀਤਾ ਗਿਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਿੰਤਾ ਹੈ ਕਿ ਜੇਕਰ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਨਾ ਪਾਇਆ ਗਿਆ ਤਾਂ ਇਸ ਦਾ ਅਸਰ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ’ਤੇ ਪੈ ਸਕਦਾ ਹੈ। ਇਸ ਮੌਕੇ ਜਤਿੰਦਰ ਸਿੰਘ ਅਟਵਾਲ ਸਮੇਤ ਭਾਜਪਾ ਦੇ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।Read More







