ਹੁਸ਼ਿਆਰਪੁਰ, 20 ਮਾਰਚ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰ ਖੇਤਰ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਅਥਾਹ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਨੂੰ ਤਵੱਜੋਂ ਦਿੰਦਿਆਂ ਪੰਜਾਬ ਸਰਕਾਰ ਨੇ ਆਮ ਲੋਕਾਂ ਲਈ ਵੱਡੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਹੈ ਅਤੇ ਆਉਂਦੇ ਸਮੇਂ ਵਿਚ ਵੀ ਇਹ ਲੜੀ ਇਸੇ ਤਰ੍ਹਾਂ ਬਰਕਰਾਰ ਰਹੇਗੀ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਛੱਪੜ ਦੇ ਨਵੀਨੀਕਰਨ ਅਤੇ ਬਾਕੀ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਨੁਹਾਰ ਨੂੰ ਨਵਾਂ ਰੂਪ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰਨਾਂ ਪਿੰਡਾਂ ਵਿਚ ਵੀ ਲੋੜੀਂਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਲੋਕਪੱਖੀ ਕਾਰਜ ਕਰਵਾਏ ਜਾਣਗੇ।














