ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

0
5
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਢੁੱਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਵੀ ਢੁੱਕਵੇਂ ਉਪਾਅ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਸੰਦੇਸ਼ ਨਾਲ ਜਨਤਾ ਤੱਕ ਪਹੁੰਚਣ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਵਿਰੋਧੀ ਹੈਲਪਲਾਈਨ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਇਨਪੁਟ ਪ੍ਰਾਪਤ ਹੋਏ ਹਨ। ਲੋਕਾਂ ਤੋਂ ਪ੍ਰਾਪਤ ਹੋਏ ਫੀਡਬੈਕ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਸ਼੍ਰੀ ਭਗਤ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਅਤੇ ਸੂਬੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਮੁਤਾਬਕ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਵੀ ਦੁਹਰਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਜ ਕੁਮਾਰ ਰਾਜੂ, ‘ਆਪ’ ਆਗੂ ਹਰਸਿਮਰਨ ਸਿੰਘ ਬੰਟੀ, ਸੁਭਾਸ਼ ਗੋਰੀਆ ਅਤੇ ਜਗਦੀਸ਼ ਸਮਰਾਏ ਵੀ ਮੌਜੂਦ ਸਨ।

Rozana Times

LEAVE A REPLY

Please enter your comment!
Please enter your name here