ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਬਰਾੜਾ ਅਤੇ ਮੁਲਾਣਾ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

0
2
ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਬਰਾੜਾ ਅਤੇ ਮੁਲਾਣਾ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਚੰਡੀਗੜ੍ਹ, 3 ਅਪ੍ਰੈਲ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਬਰਾੜਾ ਅਤੇ ਮੁਲਾਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਸਰ੍ਹੋਂ ਅਤੇ ਕਣਕ ਦੀ ਖਰੀਦ ਵਿਵਸਥਾ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਫਸਲ ਦੀ ਤਸਦੀਕ ਪ੍ਰਕਿਰਿਆ, ਬਿਜਲੀ-ਪਾਣੀ, ਸਾਫ਼-ਸਫਾਈ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਬਾਇਓਮੀਟ੍ਰਿਕ ਪ੍ਰਣਾਲੀ ਸਮੇਤ ਸਾਰੇ ਪ੍ਰਬੰਧਾਂ ਦੀ ਡੂੰਘਾਈ ਨਾਲ ਸਮੀਖਿਆ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ‘ਮੇਰੀ ਫਸਲ-ਮੇਰਾ ਬਿਓਰਾ‘ ਪੋਰਟਲ ‘ਤੇ ਫਸਲ ਦੀ ਤਸਦੀਕ ਦੇ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਜਲਦੀ ਪੂਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿੱਚ ਬਿਜਲੀ, ਪਾਣੀ, ਸਫਾਈ, ਤੋਲ, ਚੁਕਾਈ ਅਤੇ ਭੁਗਤਾਨ ਨਾਲ ਸਬੰਧਤ ਸਾਰੀਆਂ ਵਿਵਸਥਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਕਿਸਾਨਾਂ ਦੀ ਸਹੂਲਤ ਅਤੇ ਪਾਰਦਰਸ਼ੀ ਖਰੀਦ ਪ੍ਰਕਿਰਿਆ ਸਰਕਾਰ ਦੀ ਸਰਵਉੱਚ ਤਰਜੀਹ ਹੈ।
ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਸਰਕਾਰ ਵੱਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਹਾਇਕ ਮੁੱਲ ‘ਤੇ ਖਰੀਦ ਕੀਤੀ ਜਾ ਰਹੀ ਹੈ। ਉੱਥੇ ਹੀ, ਸਰ੍ਹੋਂ ਦੀ ਖਰੀਦ 6200 ਰੁਪਏ ਪ੍ਰਤੀ ਕੁਇੰਟਲ ਦੇ ਐਮ.ਐਸ.ਪੀ. ‘ਤੇ ਕੀਤੀ ਜਾ ਰਹੀ ਹੈ।
ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮੰਡੀ ਦੌਰੇ ਦੌਰਾਨ ਮੁਲਾਣਾ ਮੰਡੀ ਵਿੱਚ ਸਥਿਤ ਭੂਮੀ ਅਤੇ ਜਲ ਜਾਂਚ ਲੈਬਾਰਟਰੀ ਦਾ ਵੀ ਦੌਰਾ ਕੀਤਾ। ਉੱਥੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਲਈ ਗਈ ਅਤੇ ਲੈਬੋਰੇਟਰੀ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਟੈਸਟਾਂ ਦੀ ਪ੍ਰਕਿਰਿਆ ਨੂੰ ਸਮਝਿਆ ਗਿਆ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਭੂਮੀ ਅਤੇ ਪਾਣੀ ਦੀ ਗੁਣਵੱਤਾ ਜਾਂਚ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਇਸ ਦੌਰਾਨ ਮੰਡੀ ਨਾਲ ਜੁੜੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੇ ਆਪਣੀਆਂ ਸਮੱਸਿਆਵਾਂ ਮੰਤਰੀ ਅੱਗੇ ਰੱਖੀਆਂ, ਜਿਸ ‘ਤੇ ਉਨ੍ਹਾਂ ਨੇ ਤੁਰੰਤ ਸਬੰਧਤ ਉੱਚ ਅਧਿਕਾਰੀਆਂ ਨੂੰ ਜ਼ਰੂਰੀ ਕੰਮ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦੀ ਆਮਦ ਅਨੁਸਾਰ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ ਅਤੇ ਕਿਸੇ ਵੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਪਰਿਵਾਰ ਨਾਲ ਜੁੜੇ ਹੋਏ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਇਸ ਲਈ ਉਨ੍ਹਾਂ ਦਾ ਉਦੇਸ਼ ਕਿਸਾਨਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨਾ ਹੈ।

Rozana Times

LEAVE A REPLY

Please enter your comment!
Please enter your name here