Last Updated:Jun 08, 2026 1:52 PM ISTਪੰਜਾਬ ਸਰਕਾਰ ਨੇ ਅਜਿਹਾ ਫ਼ੈਸਲਾ ਲਿਆ ਹੈ ਜਿਸ ਨਾਲ ਅਧਿਕਾਰੀਆਂ ਦੀ ਰੋਜ਼ਾਨਾ ਕਾਰਜ-ਪ੍ਰਣਾਲੀ ਹੀ ਬਦਲ ਜਾਵੇਗੀ। ਹੁਣ ਸਵੇਰੇ ਦਫ਼ਤਰਾਂ ਦੀ ਬਜਾਏ ਸੜਕਾਂ ‘ਤੇ ਹਾਜ਼ਰੀ ਲਗਾਉਣੀ ਪਵੇਗੀ। ਆਖ਼ਰ ਸਰਕਾਰ ਨੇ ਇਹ ਕਦਮ ਕਿਉਂ ਚੁੱਕਿਆ? ਪੜ੍ਹੋ ਪੂਰੀ ਖ਼ਬਰ।News18Punjab Government order: ਪੰਜਾਬ ਦੇ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੂਬਾ ਸਰਕਾਰ ਨੇ ਇੱਕ ਨਵਾਂ ਅਤੇ ਸਖ਼ਤ ਪ੍ਰਬੰਧ ਲਾਗੂ ਕਰ ਦਿੱਤਾ ਹੈ। ਹੁਣ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਵੇਰੇ-ਸਵੇਰੇ ਆਪਣੇ ਦਫ਼ਤਰਾਂ ਦੀ ਬਜਾਏ ਮੈਦਾਨ ਵਿੱਚ ਨਜ਼ਰ ਆਉਣਾ ਪਵੇਗਾ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸ਼ਹਿਰਾਂ ਦੀ ਸਫ਼ਾਈ ਸਿਰਫ਼ ਫ਼ਾਈਲਾਂ ਜਾਂ ਰਿਪੋਰਟਾਂ ਦੇ ਆਧਾਰ ‘ਤੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਜਾਂਚੀ ਜਾਵੇਗੀ।ਨਵੇਂ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਨਗਰ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਲਈ ਹਰ ਰੋਜ਼ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਰਹਿਣਾ ਲਾਜ਼ਮੀ ਕੀਤਾ ਗਿਆ ਹੈ। ਇਸ ਦੌਰਾਨ ਅਧਿਕਾਰੀ ਆਪਣੇ-ਆਪਣੇ ਸ਼ਹਿਰਾਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰਨਗੇ, ਖਾਮੀਆਂ ਦੀ ਪਛਾਣ ਕਰਨਗੇ ਅਤੇ ਮੌਕੇ ‘ਤੇ ਹੀ ਸੁਧਾਰ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।ਇਸ ਮੁਹਿੰਮ ਦੀ ਸ਼ੁਰੂਆਤ ਦੇ ਪਹਿਲੇ ਹੀ ਦਿਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵੇਰੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਭਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸ਼ਹਿਰਾਂ ਵਿੱਚ ਤਾਇਨਾਤ ਅਧਿਕਾਰੀਆਂ ਦੀ ਮੌਜੂਦਗੀ ਦੀ ਜਾਂਚ ਕੀਤੀ ਅਤੇ ਉਨ੍ਹਾਂ ਤੋਂ ਜ਼ਮੀਨੀ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ।ਮੁਹਿੰਮ ਨੂੰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰਹਿਣ ਦੇ ਮਕਸਦ ਨਾਲ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਵੀਡੀਓ ਕਾਲ ਰਾਹੀਂ ਆਪਣੀ ਲਾਈਵ ਲੋਕੇਸ਼ਨ ਅਤੇ ਸਫ਼ਾਈ ਦੀ ਸਥਿਤੀ ਦਿਖਾਉਣ ਲਈ ਵੀ ਕਿਹਾ। ਇਸ ਦੌਰਾਨ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਬੱਸ ਸਟੈਂਡ ਦੇ ਨੇੜਲੇ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਨਜ਼ਰ ਆਏ।ਲੁਧਿਆਣਾ ਨਗਰ ਨਿਗਮ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸ਼ਹਿਰ ਦੇ ਸਾਰੇ ਜ਼ੋਨਾਂ ਦੇ ਜ਼ੋਨਲ ਕਮਿਸ਼ਨਰ ਵੱਖ-ਵੱਖ ਇਲਾਕਿਆਂ ਵਿੱਚ ਮੌਜੂਦ ਰਹਿ ਕੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਸਨ। ਸਰਕਾਰ ਦਾ ਮੰਨਣਾ ਹੈ ਕਿ ਜਦੋਂ ਸੀਨੀਅਰ ਅਧਿਕਾਰੀ ਖੁਦ ਮੈਦਾਨ ਵਿੱਚ ਉਤਰ ਕੇ ਹਾਲਾਤਾਂ ਦਾ ਜਾਇਜ਼ਾ ਲੈਣਗੇ ਤਾਂ ਕੰਮ ਦੀ ਗੁਣਵੱਤਾ ਅਤੇ ਜਵਾਬਦੇਹੀ ਦੋਵੇਂ ਵਧਣਗੀਆਂ।ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਕਿਰਿਆ ਸਿਰਫ਼ ਇੱਕ ਦਿਨ ਦੀ ਕਾਰਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਸਵੇਰੇ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਦੀ ਮੌਜੂਦਗੀ ਦੀ ਸਮੀਖਿਆ ਕਰਨਗੇ। ਇਸ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਅਚਨਚੇਤ ਦੌਰੇ ਕਰਕੇ ਇਹ ਯਕੀਨੀ ਬਣਾਉਣਗੇ ਕਿ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਹੋ ਰਹੀ ਹੈ।ਸਰਕਾਰ ਦਾ ਕਹਿਣਾ ਹੈ ਕਿ ਇਸ ਨਵੀਂ ਵਿਵਸਥਾ ਦਾ ਮੁੱਖ ਮਕਸਦ ਸ਼ਹਿਰਾਂ ਵਿੱਚ ਸਫ਼ਾਈ ਦੇ ਮਿਆਰ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੇ ਨਤੀਜੇ ਕਿੰਨੇ ਪ੍ਰਭਾਵਸ਼ਾਲੀ ਰਹਿੰਦੇ ਹਨ, ਇਸ ‘ਤੇ ਸ਼ਹਿਰੀ ਵਿਕਾਸ ਅਤੇ ਸਫ਼ਾਈ ਪ੍ਰਬੰਧਾਂ ਦੀ ਦਿਸ਼ਾ ਕਾਫ਼ੀ ਹੱਦ ਤੱਕ ਨਿਰਭਰ ਕਰੇਗੀ।Location :Ludhiana,PunjabRead More
Rozana Times















